ਮਨੀਲਾ : 13 ਨਵੰਬਰ : (ਪੱਤਰ ਪ੍ਰੇਰਕ) : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਭਾਰਤ ਨੂੰ ਪੂਰੀ ਤਰ੍ਹਾਂ ਬਦਲਣ ਦਾ ਕੰਮ ਵੱਡੇ ਪੱਧਰ 'ਤੇ ਚੱਲ ਰਿਹਾ ਹੈ। ਮਨੀਲਾ 'ਚ ਆਸ਼ੀਆਨ ਸੰਮੇਲਨ ਨੂੰ ਸੰਬੋਧਨ ਕਰਦਿਆਂ ਮੋਦੀ ਨੇ ਕਿਹਾ ਕਿ ਅਸਾਨ, ਅਸਰਕਾਰ ਅਤੇ ਪਾਦਰਸ਼ੀ ਸ਼ਾਸਨ ਦੇਣ ਲਈ ਸਰਕਾਰ ਦਿਨ-ਰਾਤ ਕੰਮ ਕਰ ਰਹੀ ਹੈ। ਇਸੇ ਦੌਰਾਨ ਪ੍ਰਧਾਨ ਮੰਤਰੀ ਨੇ ਭਾਰਤੀ ਅਰਥ ਵਿਵਸਥਾ 'ਚ ਸੁਧਾਰ ਲਈ ਤੇ ਨਵੀਆਂ ਲੀਹਾਂ 'ਤੇ ਪਾਉਣ ਦੀਆਂ ਉਪਲਬਧੀਆਂ ਦੀ ਵੀ ਜਾਣਕਾਰੀ ਦਿੱਤੀ। ਮੋਦੀ ਨੇ ਇਹ ਵੀ ਕਿਹਾ ਕਿ ਭਾਰਤ ਦੀ ਪੂਰਬ ਪਾਲਿਸੀ ਦੇ ਚੱਲਦਿਆਂ ਇਹ ਖੇਤਰ (ਆਸ਼ੀਆਨ) ਮੁੱਢਲੇ  ਦਰਜੇ 'ਚ ਆਇਆ ਹੈ। ਉਨ੍ਹਾਂ ਗਵਰਨੈਂਸ 'ਤੇ ਜ਼ੋਰ ਦਿੰਦਿਆਂ ਕਿਹਾ ਕਿ ਅਸੀਂ ਪਿਛਲੇ ਤਿੰਨ ਸਾਲਾਂ ਦੌਰਾਨ ਲਗਭਗ 1200 ਪੁਰਾਣੇ ਕਾਨੂੰਨਾਂ ਨੂੰ ਰੱਦ ਕੀਤਾ ਹੈ।
ਇਸ ਦੌਰਾਨ ਪ੍ਰਧਾਨ ਮੰਤਰੀ ਨੇ ਜਨ ਧਨ ਯੋਜਨਾ ਦਾ ਵੀ ਜ਼ਿਕਰ ਕੀਤਾ ਅਤੇ ਕਿਹਾ ਕਿ ਭਾਰਤ 'ਚ ਵੱਡੀ ਗਿਣਤੀ ਲੋਕਾਂ ਦੀ ਪਹੁੰਚ ਬੈਂਕਿੰਗ ਸੇਵਾਵਾਂ ਤੱਕ ਨਹੀਂ ਸੀ। ਉਨ੍ਹਾਂ ਦੱਸਿਆ ਕਿ ਕੁਝ ਮਹੀਨਿਆਂ 'ਚ ਹੀ ਜਨ ਧਨ ਯੋਜਨਾ ਰਾਹੀਂ ਤਸਵੀਰ ਨੂੰ ਪੂਰੀ ਤਰ੍ਹਾਂ ਬਦਲ ਦਿੱਤਾ ਗਿਆ ਤੇ ਲੱਖਾਂ ਲੋਕਾਂ ਦੀ ਜ਼ਿੰਦਗੀ 'ਚ ਇਸਦੇ ਚੱਲਦਿਆਂ ਬਦਲਾਅ ਆਇਆ ਹੈ। 
ਪ੍ਰਧਾਨ ਮੰਤਰੀ ਨੇ ਇਹ ਵੀ ਕਿਹਾ ਕਿ ਭਾਰਤ 'ਚ ਡਿਜ਼ੀਟਲ ਟਰਾਂਸਜੈਕਸ਼ਨ ਦੀ ਗਿਣਤੀ ਕਾਫ਼ੀ ਵਧੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਲੋਕਾਂ ਤੱਕ ਪਹੁੰਚਣ ਲਈ ਤਕਨੀਕ ਦੀ ਵਰਤੋਂ ਕਰ ਰਹੀ ਹੈ। ਪ੍ਰਧਾਨ ਮੰਤਰੀ ਨੇ ਕਿਹਾ ਕਿ ਉਹ ਭਾਰਤ ਨੂੰ ਗਲੋਬਲ ਮੈਨੂਫੈਕਚਰਿੰਗ ਹਬ ਬਣਾਉਣਾ ਚਾਹੁੰਦੇ ਹਨ ਅਤੇ ਦੇਸ਼ ਦੇ ਨੌਜਵਾਨਾਂ ਨੂੰ ਨੌਕਰੀਆਂ ਮੁਹੱਈਆ ਕਰਵਾਉਣਾ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ਭਾਰਤ ਦੀ ਅਰਥਵਿਵਸਥਾ ਦੇ ਜ਼ਿਆਦਾਤਰ ਸੈਕਟਰ ਵਿਦੇਸ਼ੀ ਨਿਵੇਸ਼ ਲਈ ਖੁੱਲ੍ਹੇ ਹਨ।

ਹੋਰ ਖਬਰਾਂ »