ਚੰਡੀਗੜ੍ਹ, 13 ਨਵੰਬਰ 2017 (ਪੱਤਰ ਪ੍ਰੇਰਕ) : ਆਮ ਆਦਮੀ ਪਾਰਟੀ (ਆਪ) ਨੇ ਮੌਜੂਦਾ ਕੈਪਟਨ ਸਰਕਾਰ ਦੇ ਨਾਲ-ਨਾਲ ਪਿਛਲੀ ਬਾਦਲ ਸਰਕਾਰ ਉੱਪਰ ਕਿਸਾਨਾਂ ਨਾਲ ਧੋਖਾ ਅਤੇ ਪੰਜਾਬ ਦੇ ਵਾਤਾਵਰਨ ਸਮੇਤ ਲੋਕਾਂ ਦੀ ਸਿਹਤ ਨਾਲ ਖਿਲਵਾੜ ਕਰਨ ਦੇ ਗੰਭੀਰ ਦੋਸ਼ ਲਾਏ।ਆਪ ਪਾਰਟੀ ਨੇ ਬਿਆਨ ਜਾਰੀ ਕਰਦਿਆਂ ਪਾਰਟੀ ਦੇ ਸਹਿ-ਪ੍ਰਧਾਨ ਤੇ ਵਿਧਾਇਕ ਅਮਨ ਅਰੋੜਾ, ਵਿਧਾਨ ਸਭਾ 'ਚ ਉਪ ਨੇਤਾ ਬੀਬੀ ਸਰਬਜੀਤ ਕੌਰ, ਕਿਸਾਨ ਸੰਘਰਸ਼ ਕਮੇਟੀ ਦੇ ਕਨਵੀਨਰ ਅਤੇ ਵਿਧਾਇਕ ਕੁਲਤਾਰ ਸਿੰਘ ਸੰਧਵਾ, ਨਾਜਰ ਸਿੰਘ ਮਾਨਸ਼ਾਹੀਆ, ਰੁਪਿੰਦਰ ਕੌਰ ਰੂਬੀ ਤੇ ਮੀਤ ਹੇਅਰ (ਸਾਰੇ ਵਿਧਾਇਕ) ਨੇ ਕਿਹਾ ਕਿ ਪਰਾਲੀ ਨੂੰ ਅੱਗ ਲਗਾਉਣ ਦੇ ਮਾਮਲੇ 'ਚ ਸੂਬੇ ਦੇ ਕਿਸਾਨਾਂ ਨੂੰ ਪੂਰੇ ਦੇਸ਼ 'ਚ ਬਦਨਾਮ ਕਰਨ ਲਈ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਮੌਜੂਦਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਹੀ ਅਸਲੀ ਜ਼ਿੰਮੇਵਾਰ ਤੇ ਦੋਸ਼ੀ ਹਨ । ਇਨ੍ਹਾਂ ਨੇ ਹੀ ਪਰਾਲੀ ਦੇ ਸਹੀ ਨਿਪਟਾਰੇ ਲਈ ਪਿਛਲੇ ਦੋ ਸਾਲਾਂ 'ਚ ਕੇਂਦਰ ਸਰਕਾਰ ਵੱਲੋਂ ਜਾਰੀ ਹੋਏ ਕਰੀਬ 100 ਕਰੋੜ ਰੁਪਏ  'ਚੋਂ ਇੱਕ ਪੈਸਾ ਵੀ ਇਸ ਮਕਸਦ ਲਈ ਖ਼ਰਚ ਨਹੀਂ ਕੀਤਾ ।
ਆਪ ਨੇਤਾ ਅਮਨ ਅਰੋੜਾ ਨੇ ਬਾਦਲਾਂ ਅਤੇ ਕੈਪਟਨ ਅਮਰਿੰਦਰ ਸਿੰਘ 'ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਇਨ੍ਹਾਂ ਦੀ ਨਲਾਇਕ ਨੀਤੀ ਦਾ ਪਰਦਾਫਾਸ਼ ਕਿਸੇ ਹੋਰ ਨੇ ਨਹੀਂ, ਸਗੋਂ ਕੇਂਦਰੀ ਖੇਤੀਬਾੜੀ ਮੰਤਰਾਲੇ ਨੇ ਕੀਤਾ ਹੈ । ਮੀਡੀਆ ਰਿਪੋਰਟਾਂ  'ਚ ਕੇਂਦਰੀ ਖੇਤੀਬਾੜੀ ਮੰਤਰੀ ਰਾਧਾ ਮੋਹਨ ਸਿੰਘ ਨੇ ਕਿਹਾ ਕਿ ਪਰਾਲੀ ਨੂੰ ਖੇਤਾਂ 'ਚ ਅੱਗ ਲਗਾਉਣ ਦੀ ਥਾਂ ਉਸ ਦਾ ਉਚਿੱਤ ਨਿਪਟਾਰਾ ਕਰਨ ਲਈ ਤਜਵੀਜ਼ ਯੋਜਨਾਵਾਂ ਨੂੰ ਅਮਲੀ ਰੂਪ ਦੇਣ ਲਈ ਕੇਂਦਰ ਵੱਲੋਂ 2016-17 'ਚ 49.80 ਕਰੋੜ ਅਤੇ 2017-18 ਲਈ 48.50 ਕਰੋੜ ਰੁਪਏ ਪੰਜਾਬ ਸਰਕਾਰ ਨੂੰ ਜਾਰੀ ਕੀਤੇ ਹਨ, ਪਰੰਤੂ ਪਿਛਲੀ ਅਕਾਲੀ-ਭਾਜਪਾ ਸਰਕਾਰ ਅਤੇ ਮੌਜੂਦਾ ਕਾਂਗਰਸ ਸਰਕਾਰ ਨੇ ਪਰਾਲੀ ਦੇ ਨਿਪਟਾਰੇ ਲਈ ਕਿਸਾਨਾਂ ਦੀ ਸਹਾਇਤਾ ਕਰਨ 'ਚ ਇਹ ਪੈਸਾ ਵਰਤਿਆ ਹੀ ਨਹੀਂ । ਅਮਨ ਅਰੋੜਾ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕੋਲੋਂ ਮੰਗ ਕੀਤੀ ਕਿ ਉਹ ਆਪਣੇ ਕਾਰਜਕਾਲ ਦੌਰਾਨ ਆਏ ਪੈਸੇ ਬਾਰੇ ਪੰਜਾਬ ਦੇ ਲੋਕਾਂ ਨੂੰ ਸਪੱਸ਼ਟੀਕਰਨ ਦੇਣ ਅਤੇ ਪਿਛਲੀ ਬਾਦਲ ਸਰਕਾਰ ਦੀ ਭੂਮਿਕਾ ਦਾ ਸਮਾਂਬੱਧ ਉੱਚ ਪੱਧਰੀ ਜਾਂਚ ਕਰਵਾਉਣ ।
ਆਪ ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਪੰਜਾਬ ਦੇ ਨਾਲ=ਨਾਲ ਹਰਿਆਣਾ ਅਤੇ ਉਤਰ ਪ੍ਰਦੇਸ਼ ਸਰਕਾਰਾਂ ਨੂੰ ਵੀ ਲੜੀਵਾਰ 45 ਅਤੇ 50 ਕਰੋੜ ਰੁਪਏ ਪਰਾਲੀ ਨਿਪਟਾਰੇ ਲਈ ਜਾਰੀ ਕੀਤੇ ਗਏ ਸਨ । ਇਨ੍ਹਾਂ ਦੋਵਾਂ ਸੂਬਿਆਂ ਨੇ 90 ਫ਼ੀਸਦ ਤੋਂ ਵੱਧ ਰਾਸ਼ੀ ਇਸ ਮਕਸਦ ਲਈ ਖ਼ਰਚ ਕਰ ਦਿੱਤੀ, ਪਰੰਤੂ ਪੰਜਾਬ ਸਰਕਾਰ ਨੇ ਇਹ ਪੈਸਾ ਪਤਾ ਨਹੀਂ ਕਿਧਰ ਖ਼ੁਰਦ-ਬੁਰਦ ਕਰ ਦਿੱਤਾ, ਜਿਸ ਬਾਰੇ ਕੈਪਟਨ ਸਰਕਾਰ ਨੂੰ ਸਪਸ਼ਟ ਕਰਨਾ ਚਾਹੀਦਾ ਹੈ ।ਆਪ ਆਗੂਆਂ ਨੇ ਕਿਹਾ ਕਿ ਨੈਸ਼ਨਲ ਗ੍ਰੀਨ ਟ੍ਰਿਬਿਊਨਲ ਦੀ ਰਿਪੋਰਟ ਦੇ ਪੈਰਾ ਨੰਬਰ 14 ਅਨੁਸਾਰ ਪੰਜਾਬ ਸਰਕਾਰ ਨੂੰ ਨਿਰਦੇਸ਼ ਦਿੱਤੇ ਗਏ ਸਨ ਕਿ ਪਰਾਲੀ ਨਿਪਟਾਰੇ ਲਈ ਮਸ਼ੀਨਰੀ ਅਤੇ ਤਕਨੀਕੀ ਸੰਦ ਜਾਂ ਫਿਰ ਕਿਸਾਨ ਨੂੰ ਇਸ ਉੱਪਰ ਆਉਂਦੇ ਜਾਇਜ਼ ਖ਼ਰਚ ਦੇ ਪੈਸੇ ਮੁਹੱਈਆ ਕਰਵਾਏ ਜਾਣ । 2 ਏਕੜ ਤੋਂ ਘੱਟ ਮਾਲਕੀ ਵਾਲੇ ਕਿਸਾਨ ਨੂੰ ਮੁਫ਼ਤ ਹੈਪੀਸੀਡਰ ਮੁਹੱਈਆ ਕੀਤੇ ਜਾਣ।  
 

ਹੋਰ ਖਬਰਾਂ »