ਵਿਰੋਧ ਕਰਨ ਵਾਲੇ ਕਿਸਾਨ ਗ੍ਰਿਫ਼ਤਾਰ

ਮਾਨਸਾ, 7 ਜਨਵਰੀ (ਹਮਦਰਦ ਨਿਊਜ਼ ਸਰਵਿਸ) : ਪੰਜਾਬ ਦੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਨੇ ਆਪਣੇ ਚੋਣ ਵਾਅਦੇ ਨੂੰ ਪੂਰਾ ਕਰਨ ਵੱਲ ਅੱਜ ਪਹਿਲਾ ਕਦਮ ਪੁੱਟਦਿਆਂ ਕਿਸਾਨਾਂ ਦੇ ਕਰਜਾ ਮੁਆਫੀ ਦੀ ਪਹਿਲੀ ਕਿਸ਼ਤ ਜਾਰੀ ਕਰ ਦਿੱਤੀ ਹੈ। ਇਸੇ ਦੌਰਾਨ ਸੈਂਕੜੇ ਕਿਸਾਨਾਂ ਅਤੇ ਆਮ ਆਦਮੀ ਪਾਰਟੀ ਦੇ ਕਾਰਕੁੰਨਾ ਨੇ ਕਾਂਗਰਸ ਦੇ ਕਰਜ਼ਾ ਮੁਆਫੀ ਸਮਾਗਮ ਦਾ ਵਿਰੋਧ ਕੀਤਾ, ਜਿਨ੍ਹਾਂ ਵਿੱਚੋਂ ਸੈਂਕੜਿਆਂ ਦੀ ਗਿਣਤੀ ਵਿਚ ਕਿਸਾਨਾਂ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ।

ਪੰਜਾਬ ਸਰਕਾਰ ਵੱਲੋਂ ਸੂਬੇ ਭਰ ਵਿਚ ਕਿਸਾਨਾਂ ਦੀ ਕਰਜ਼ਾ ਮੁਆਫੀ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ। ਇਸ ਸਬੰਧੀ ਸੂਬਾ ਪੱਧਰੀ ਪ੍ਰੋਗਰਾਮ ਮਾਨਸਾ ਵਿਚ ਰੱਖਿਆ ਗਿਆ ਸੀ, ਜਿਸ ਦੌਰਾਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਕਿਸਾਨ ਕਰਜ਼ਾ ਮੁਆਫੀ ਸੰਬੰਧੀ ਪਹਿਲੀ ਕਿਸ਼ਤ ਜਾਰੀ ਕੀਤੀ ਗਈ। ਇਸ ਪ੍ਰੋਗਰਾਮ ਵਿਚ ਕਾਂਗਰਸ ਦੀ ਸੀਨੀਅਰ ਲੀਡਰਸ਼ਿਪ ਤੋਂ ਇਲਾਵਾ ਵੱਡੀ ਗਿਣਤੀ ਵਿਚ ਕਿਸਾਨਾਂ ਨੇ ਸ਼ਮੂਲੀਅਤ ਕੀਤੀ। ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ 167.39 ਕਰੋੜ ਰੁਪਏ ਦੀ ਪਹਿਲੀ ਕਿਸ਼ਤ ਵਿਚ 46,555 ਕਿਸਾਨਾਂ ਦਾ ਕਰਜ਼ਾ ਮੁਆਫ ਕੀਤਾ ਗਿਆ ਹੈ।

ਪੰਜਾਬ ਸਰਕਾਰ ਦੇ ਪਹਿਲੇ ਪੜਾਅ ਤਹਿਤ ਸਹਿਕਾਰੀ ਬੈਂਕਾਂ ਨਾਲ ਸੰਬੰਧਤ ਕਿਸਾਨਾਂ ਦਾ ਕਰਜ਼ਾ ਮੁਆਫ਼ ਕੀਤਾ ਜਾ ਰਿਹਾ ਹੈ। ਦੋ ਲੱਖ ਰੁਪਏ ਦੇ ਕਰਜ਼ੇ ਵਿਚੋਂ ਪ੍ਰਤੀ ਕਿਸਾਨ 40 ਹਜ਼ਾਰ ਰੁਪਏ ਤੱਕ ਦਾ ਕਰਜ਼ਾ ਸ਼ੁਰੂ 'ਚ ਮੁਆਫ਼ ਕੀਤਾ ਜਾ ਰਿਹਾ ਹੈ। ਸਰਕਾਰੀ ਅਤੇ ਪ੍ਰਾਈਵੇਟ ਬੈਂਕਾਂ ਦਾ ਕਰਜ਼ਾ ਸਹਿਕਾਰੀ ਬੈਂਕਾਂ ਦੇ ਕਰਜ਼ੇ ਦੀ ਮੁਆਫ਼ੀ ਤੋਂ ਬਾਅਦ ਕੀਤਾ ਜਾਵੇਗਾ। ਕਿਸਾਨ ਮੁਆਫ਼ੀ ਦੀ ਪਹਿਲੀ ਕਿਸ਼ਤ ਦਾ ਲਾਭ ਪੰਜ ਜ਼ਿਲ੍ਹਿਆਂ ਮਾਨਸਾ, ਮੋਗਾ, ਮੁਕਤਸਰ, ਬਠਿੰਡਾ ਅਤੇ ਫਰੀਦਕੋਟ ਦੇ ਕਿਸਾਨਾਂ ਨੂੰ ਮਿਲੇਗਾ।

ਇਸ ਤੋਂ ਪਹਿਲਾਂ ਪੁਲਿਸ ਨੂੰ ਕਿਸਾਨ ਜਥੇਬੰਦੀਆਂ ਦੀਆਂ ਸਰਗਰਮੀਆਂ ਦਾ ਡਰ ਸੀ, ਜਿਸ ਕਾਰਨ ਖੁਫ਼ੀਆ ਵਿੰਗ ਵੱਲੋਂ ਵੀ ਕਿਸਾਨ ਆਗੂਆਂ ਦੀ ਪੈੜ ਨੱਪੀ ਜਾ ਰਹੀ ਸੀ। ਇਸ ਰਾਜ ਪੱਧਰੀ ਸਮਾਗਮ ਦੀਆਂ ਤਿਆਰੀਆਂ ਸਬੰਧੀ ਡਿਪਟੀ ਕਮਿਸ਼ਨਰ ਧਰਮ ਪਾਲ ਗੁਪਤਾ, ਬਠਿੰਡਾ ਜ਼ੋਨ ਤੋਂ ਪੰਜਾਬ ਪੁਲਿਸ ਦੇ ਆਈਜੀ ਮੁਖਵਿੰਦਰ ਸਿੰਘ ਛੀਨਾ 'ਤੇ ਮਾਨਸਾ ਐੱਸਐੱਸਪੀ ਪਰਮਬੀਰ ਸਿੰਘ ਪਰਮਾਰ ਨੇ ਸਮਾਗਮ ਵਾਲੇ ਸਥਾਨ ਤੋਂ ਹੀ ਸਬੰਧਤ ਸਰਕਾਰੀ ਵਿਭਾਗਾਂ ਦੇ ਅਧਿਕਾਰੀਆਂ ਨੂੰ ਲੋੜੀਂਦੇ ਨਿਰਦੇਸ਼ ਜਾਰੀ ਕੀਤੇ ਸੀ।

ਮਾਨਸਾ ਵਿਚ ਕਰਵਾਏ ਜਾ ਰਹੇ ਸਮਾਗਮ ਵਿਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਲਾਭਪਾਤਰੀ ਕਿਸਾਨਾਂ ਨੂੰ ਕਰਜ਼ਾ ਮੁਆਫ਼ੀ ਦੇ ਦਸਤਾਵੇਜ਼ ਦਿੱਤੇ। ਕਰਜ਼ਾ ਮੁਆਫ਼ੀ ਸੂਚੀਆਂ ਵਿਚ ਅਨੇਕਾਂ ਕਿਸਾਨਾਂ ਦੇ ਨਾਂ ਸ਼ਾਮਲ ਨਾ ਹੋਣ ਕਰਕੇ ਉਨ੍ਹਾਂ ਨੂੰ ਵੱਡਾ ਧੱਕਾ ਲੱਗਾ ਹੈ, ਜਿਸ ਕਰ ਕੇ ਦੋ ਕਿਸਾਨ ਖੁਦਕੁਸ਼ੀਆਂ ਵੀ ਕਰ ਗਏ ਹਨ। ਵਾਅਦੇ ਮੁਤਾਬਕ ਕਰਜ਼ਾ ਮੁਆਫ਼ੀ ਸਕੀਮ ਲਾਗੂ ਨਾ ਕੀਤੇ ਜਾਣ ਕਰਕੇ ਕਿਸਾਨ ਜਥੇਬੰਦੀਆਂ ਸੰਘਰਸ਼ ਦੇ ਮੈਦਾਨ ਵਿੱਚ ਡਟ ਗਈਆਂ ਹਨ। ਪਹਿਲੇ ਪੜਾਅ ਵਿਚ ਭਲਕੇ ਢਾਈ ਏਕੜ ਦੀ ਮਾਲਕੀ ਵਾਲੇ ਪੰਜ ਜ਼ਿਲ੍ਹਿਆਂ ਦੇ 46556 ਕਿਸਾਨਾਂ ਦੇ ਸਹਿਕਾਰੀ ਕਰਜ਼ੇ ਹੀ ਮੁਆਫ਼ ਕੀਤੇ ਜਾ ਰਹੇ ਹਨ। ਅੱਜ ਕੁੱਲ 167.39 ਕਰੋੜ ਰੁਪਏ ਦੇ ਕਰਜ਼ੇ ਹੀ ਮੁਆਫ਼ ਕੀਤੇ ਗਏ।

ਹੋਰ ਖਬਰਾਂ »