ਮੋਹਾਲੀ, 11 ਜਨਵਰੀ (ਹ.ਬ.) : ਮੋਹਾਲੀ ਦੀ ਵਿਸ਼ੇਸ਼ ਅਦਾਲਤ ਨੇ ਕਰੀਬ 15 ਸਾਲ ਪੁਰਾਣੇ ਭ੍ਰਿਸ਼ਟਾਚਾਰ ਦੇ ਮਾਮਲੇ ਵਿਚ ਨਿਬੇੜਾ ਕਰਦਿਆਂ ਪੰਜਾਬ ਪਬਲਿਕ ਸਰਵਿਸ ਕਮਿਸ਼ਨ ਦੇ ਸਾਬਕਾ ਚੇਅਰਮੈਨ ਰਵਿੰਦਰਪਾਲ ਸਿੰਘ ਸਿੱਧੂ ਉਰਫ ਰਵੀ ਸਿੱਧੂ ਨੂੰ ਦੋਸ਼ੀ ਕਰਾਰ ਦਿੱਤਾ ਹੈ। ਉਸ ਨੂੰ 15 ਜਨਵਰੀ ਨੂੰ ਸਜ਼ਾ ਸੁਣਾਈ ਜਾਵੇਗੀ। ਇਸ ਸਮੇਂ ਰਵੀ ਸਿੱਧੂ ਜ਼ਮਾਨਤ 'ਤੇ ਚਲ ਰਿਹਾ ਸੀ ਤੇ ਅਦਾਲਤ ਵਲੋਂ ਦੋਸ਼ੀ ਕਰਾਰ ਦੇਣ ਬਾਅਦ ਉਸ ਨੂੰ ਗ੍ਰਿਫ਼ਤਾਰ ਕਰਕੇ ਜੇਲ੍ਹ ਭੇਜ ਦਿੱਤਾ ਗਿਆ ਹੈ।  ਇਸ ਮਾਮਲੇ ਵਿਚ ਨਾਮਜ਼ਦ 5 ਮੁਲਜ਼ਮਾਂ ਗੁਰਦੀਪ ਸਿੰਘ ਮਨਚੰਦਾ ਅਤੇ ਉਨ੍ਹਾਂ ਦੀ ਪਤਨੀ ਸੁਰਿੰਦਰ ਕੌਰ, ਪਰਮਜੀਤ ਸਿੰਘ, ਪ੍ਰੇਮ ਸਾਗਰ ਅਤੇ ਰਣਜੀਤ ਸਿੰਘ ਧੀਰਾ ਨੂੰ ਬਰੀ ਕਰ ਦਿੱਤਾ ਗਿਆ ਹੈ। ਰਵੀ ਸਿੱਧੂ ਨੂੰ ਦੋਸ਼ੀ ਸਾਬਤ ਕਰਨ ਵਿਚ ਪੰਜਾਬ ਪੁਲਿਸ ਦੇ ਡੀਆਈਜੀ ਜਸਕਰਨ ਸਿੰਘ ਦੀ ਸਰਕਾਰੀ ਗਵਾਹ ਵਜੋਂ ਗਵਾਹੀ  ਖਾਸ ਮੰਨੀ ਜਾ ਰਹੀ ਹੈ। ਜਾਂਚ ਅਧਿਕਾਰੀ ਨੇ ਅਦਾਲਤ ਨੂੰ ਦੱਸਿਆ ਕਿ ਰਵੀ ਸਿੱਧੂ ਨੇ ਪੰਜਾਬ ਪਬਲਿਕ ਸਰਵਿਸ ਕਮਿਸ਼ਨ ਦਾ ਚੇਅਰਮੈਨ ਹੁੰਦਿਆਂ ਵੱਖ ਵੱਖ ਵਿਭਾਗਾਂ ਵਿਚ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਭਰਤੀ ਲਈ ਕਥਿਤ ਤੌਰ 'ਤੇ ਰਿਸ਼ਵਤ ਲਈ। ਇਸ ਸਬੰਧੀ ਉਸ ਨੇ ਜਾਅਲੀ ਬੈਂਕ ਖਾਤੇ ਵੀ ਖੋਲ੍ਹੇ ਸਨ।  ਰਿਸ਼ਵਤ ਦੇ ਪੈਸਿਆਂ ਦਾ ਰਵੀ ਸਿੱਧੂ ਦੇ ਨਜ਼ਦੀਕੀ ਰਿਸ਼ਤੇਦਾਰ ਦੇ ਬੈਂਕ ਖਾਤਿਆਂ ਵਿਚ ਵੀ ਲੈਣ ਦੇਣ ਹੋਣ ਬਾਰੇ ਖੁਲਾਸਾ ਹੋਇਆ। 25 ਮਾਰਚ 2002 ਵਿਚ ਰਵੀ ਸਿੱਧੂ ਖ਼ਿਲਾਫ਼ ਮੋਹਾਲੀ ਵਿਜੀਲੈਂਸ ਥਾਣੇ ਵਿਚ ਕੇਸ ਦਰਜ ਕੀਤਾ ਗਿਆ ਸੀ।

ਹੋਰ ਖਬਰਾਂ »