ਮੀਟਿੰਗ ਨਾ ਹੋਣ ਦੀਆਂ ਸੰਭਾਵਨਾਵਾਂ ਨੂੰ ਲੱਗੀਆਂ ਬਰੇਕਾਂ

ਚੰਡੀਗੜ੍ਹ, 19 ਫਰਵਰੀ (ਹਮਦਰਦ ਨਿਊਜ਼ ਸਰਵਿਸ) : ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਅਤੇ ਕੈਪਟਨ ਅਮਰਿੰਦਰ ਦੀ 21 ਫਰਵਰੀ ਨੂੰ ਅੰਮ੍ਰਿਤਸਰ ’ਚ ਮੁਲਾਕਾਤ ਹੋਵੇਗੀ। ਕੈਪਟਨ ਇਸ ਮੁਲਾਕਾਤ ਨੂੰ ਲੈ ਕੇ ਉਤਾਵਲੇ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਇਸ ਨਾਲ ਕੈਨੇਡਾ ਅਤੇ ਪੰਜਾਬ ਦੇ ਦੁਵੱਲੇ ਸਬੰਧ ਹੋਰ ਮਜ਼ਬੂਤ ਹੋਣਗੇ।

ਮੁੱਖ ਮੰਤਰੀ ਕੈਪਟਨ ਅਮਰਿੰਦਰ ਕੈਨੇਡੀਅਨ ਪ੍ਰਧਾਨ ਮੰਤਰੀ ਦੀ ਅੰਮ੍ਰਿਤਸਰ ਫੇਰੀ ਨੂੰ ਲੈ ਕੇ ਸੂਬਾ ਪ੍ਰਸ਼ਾਸਨ ਨੂੰ ਪਹਿਲਾਂ ਹੀ ਪ੍ਰਬੰਧਕ ਮੁਕੰਮਲ ਕਰਨ ਦੀਆਂ ਹਦਾਇਤਾਂ ਜਾਰੀ ਕਰ ਚੁੱਕੇ ਹਨ। ਕੈਪਟਨ ਨੇ ਕਿਹਾ ਕਿ ਉਨ੍ਹਾਂ ਨੂੰ ਉਮੀਦ ਹੈ ਕਿ ਇਸ ਮੁਲਾਕਾਤ ਨਾਲ ਇੰਡੋ-ਕੈਨੇਡੀਅਨ ਬਿਜ਼ਨਸ ਸਬੰਧਾਂ ਦੇ ਨਾਲ-ਨਾਲ ਦੋਵਾਂ ਦੇਸ਼ਾਂ ਦੇ ਲੋਕਾਂ ਵਿਚਕਾਰ ਆਪਸੀ ਭਾਈਚਾਰਕ ਸਾਂਝ ਨੂੰ ਵੀ ਮਜ਼ਬੂਤੀ ਮਿਲੇਗੀ।

ਦੱਸ ਦੇਈਏ ਕਿ ਬੀਤੇ ਦਿਨ ਕੈਨੇਡਾ ਦੇ ਰੱਖਿਆ ਮੰਤਰੀ ਹਰਜੀਤ ਸਿੰਘ ਸੱਜਣ ਨੇ ਇਸ ਗੱਲ ਦੀ ਵਕਾਲਤ ਕੀਤੀ ਸੀ ਕਿ ਕੈਨੇਡੀਅਨ ਪ੍ਰਧਾਨ ਮੰਤਰੀ ਟਰੂਡੋ ਅਤੇ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵਿਚਕਾਰ ਮੀਟਿੰਗ ਹੋਣੀ ਚਾਹੀਦੀ ਹੈ। ਹਰਜੀਤ ਸਿੰਘ ਸੱਜਣ ਨੇ ਦੋਹਾਂ ਨੇਤਾਵਾਂ ਵਿਚਕਾਰ ਮੀਟਿੰਗ ਕਰਾਉਣ ਦਾ ਸੁਝਾਅ, ਕੈਨੇਡਾ ਦੇ ਭਾਰਤ ਵਿਚਲੇ ਹਾਈ ਕਮਿਸ਼ਨਰ ਨੂੰ ਦਿੱਤਾ ਸੀ। ਕੈਨੇਡੀਅਨ ਰੱਖਿਆ ਮੰਤਰੀ ਦੀ ਇਸ ਸੋਚ ਨੂੰ ਸਲਾਮ ਕਰਨਾ ਬਣਦਾ ਜਿਨ੍ਹਾਂ ਨੇ ਕੈਪਟਨ ਦੇ ਕੁੜੱਤਣ ਭਰੇ ਰਵੱਈਏ ਨੂੰ ਭੁਲਾ ਕੇ ਕੈਨੇਡਾ ਦੇ ਪੰਜਾਬ ਨਾਲ ਚੰਗੇ ਰਿਸ਼ਤਿਆਂ ਦੀ ਵਕਾਲਤ ਕੀਤੀ ਹੈ। 'ਹਮਦਰਦ' ਨੂੰ ਟਰੂਡੋ ਦੇ ਵਫ਼ਦ ਨਾਲ ਭਾਰਤ ਆਏ ਭਰੋਸੇਯੋਗ ਸੂਤਰਾਂ ਨੇ ਦੱਸਿਆ ਹੈ ਕਿ ਹਰਜੀਤ ਸਿੰਘ ਸੱਜਣ ਪੰਜਾਬ ਦੇ ਕੈਨੇਡਾ ਨਾਲ ਚੰਗੇ ਸਬੰਧ ਚਾਹੁੰਦੇ ਹਨ, ਕਿਉਂਕਿ ਕੈਨੇਡਾ ਦੀ ਧਰਤੀ 'ਤੇ ਵੱਡੀ ਗਿਣਤੀ 'ਚ ਪੰਜਾਬੀ ਵੱਸੇ ਹੋਏ ਹਨ। ਇਸ ਵੇਲੇ ਕੈਪਟਨ ਅਮਰਿੰਦਰ ਸਿੰਘ ਪੰਜਾਬ ਦੇ ਮੁੱਖ ਮੰਤਰੀ ਹਨ ਤੇ ਸੱਜਣ ਚਾਹੁੰਦੇ ਹਨ ਕਿ ਕੈਨੇਡੀਅਨ ਪ੍ਰਧਾਨ ਮੰਤਰੀ ਪੰਜਾਬ ਦੇ ਮੁੱਖ ਮੰਤਰੀ ਨਾਲ ਮੁਲਾਕਾਤ ਕਰਨ ਤਾਂ ਜੋ ਰਿਸ਼ਤੇ ਹੋਰ ਸੁਖਾਵੇਂ ਹੋ ਸਕਣ। ਕੈਨੇਡੀਅਨ ਰੱਖਿਆ ਮੰਤਰੀ ਹਰਜੀਤ ਸਿੰਘ ਸੱਜਣ ਦੀ ਇਸ ਸੋਚ ਦੀ ਕੈਨੇਡਾ ਦੇ ਪੰਜਾਬੀ ਭਾਈਚਾਰੇ 'ਚ ਵੀ ਸ਼ਲਾਘਾ ਹੋ ਰਹੀ ਹੈ। ਪੰਜਾਬੀ ਭਾਈਚਾਰੇ ਦਾ ਕਹਿਣਾ ਹੈ ਕਿ ਹਰਜੀਤ ਸਿੰਘ ਸੱਜਣ ਇਕ ਸੂਝਵਾਨ ਤੇ ਦੂਰਦ੍ਰਿਸ਼ਟੀ ਵਾਲੇ ਇਨਸਾਨ ਹਨ, ਤੇ ਲੱਖ ਗਿਲੇ-ਸ਼ਿਕਵਿਆਂ ਦੇ ਬਾਵਜੂਦ ਟਰੂਡੋ ਤੇ ਕੈਪਟਨ ਦੀ ਮੁਲਾਕਾਤ ਦੀ ਵਕਾਲਤ ਕਰ ਕੇ ਉਨ੍ਹਾਂ ਨੇ ਇਸ ਗੱਲ ਦਾ ਸਬੂਤ ਦਿੱਤਾ ਹੈ ਕਿ ਪੰਜਾਬ ਤੇ ਪੰਜਾਬੀਆਂ ਦੇ ਹਿੱਤ ਉਨ੍ਹਾਂ ਲਈ ਪਹਿਲਾਂ ਹਨ।  

ਹੋਰ ਖਬਰਾਂ »