ਪੁਲਿਸ ਨੇ ਇੱਕ ਸ਼ੱਕੀ ਨੂੰ ਕੀਤਾ ਗ੍ਰਿਫ਼ਤਾਰ, ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਘਟਨਾ ਉੱਤੇ ਜਤਾਇਆ ਦੁਖ

ਫਰੈਡਰਿਕਟਨ (ਕੈਨੇਡਾ), 10 ਅਗਸਤ (ਹਮਦਰਦ ਨਿਊਜ਼ ਸਰਵਿਸ) : ਕੈਨੇਡਾ ਦੇ ਪੂਰਬੀ ਸ਼ਹਿਰ ਫਰੈਡਰਿਕਟਨ ਦੇ ਇਕ ਰਿਹਾਇਸ਼ੀ ਇਲਾਕੇ ਵਿਚ ਗੋਲੀਬਾਰੀ ਦੀ ਘਟਨਾ ਵਾਪਰੀ, ਜਿਸ ਵਿੱਚ 2 ਪੁਲਿਸ ਅਧਿਕਾਰੀਆਂ ਸਮੇਤ ਚਾਰ ਲੋਕਾਂ ਦੀ ਮੌਤ ਹੋ ਗਈ। ਪੁਲਿਸ ਨੇ ਇਸ ਮਾਮਲੇ ਵਿੱਚ ਇੱਕ ਸ਼ੱਕੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪੁਲਿਸ ਨੇ ਦੱਸਿਆ ਕਿ ਇਸ ਗੋਲਬਾਰੀ ਸਬੰਧੀ ਫਿਲਹਾਲ ਕੋਈ ਸਬੂਤ ਨਹੀਂ ਮਿਲੇ ਹਨ, ਪਰ ਇੱਕ ਸ਼ੱਕੀ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ ਅਤੇ ਅੱਗੇ ਜਾਂਚ ਕੀਤੀ ਜਾ ਰਹੀ ਹੈ। 58000 ਲੋਕਾਂ ਦੀ ਆਬਾਦੀ ਵਾਲੇ ਇਸ ਛੋਟੇ ਜਿਹੇ ਸ਼ਹਿਰ ਵਿੱਚ ਇਹ ਵੱਡੀ ਵਾਰਦਾਤ ਵਾਪਰੀ ਹੈ। ਪੁਲਿਸ ਨੇ ਲੋਕਾਂ ਨੂੰ ਆਪਣੇ ਘਰਾਂ ਵਿੱਚ ਹੀ ਰਹਿਣ ਦੀ ਸਲਾਹ ਦਿੱਤੀ ਹੈ ਅਤੇ ਕਿਹਾ ਹੈ ਕਿ ਇਸ ਖੇਤਰ ਵਿੱਚ ਆਉਣ ਤੋਂ ਗੁਰੇਜ਼ ਕੀਤਾ ਜਾਵੇ। ਪੁਲਿਸ ਨੇ ਲੋਕਾਂ ਨੂੰ ਇਹ ਵੀ ਅਪੀਲ ਕੀਤੀ ਹੈ ਕਿ ਉਹ ਇਸ ਘਟਨਾ ਅਤੇ ਪੁਲਿਸ ਦੀ ਤਾਇਨਾਤੀ ਸਬੰਧੀ ਤਸਵੀਰਾਂ ਅਤੇ ਵੀਡੀਓ ਸੋਸ਼ਲ ਮੀਡੀਆ ਉੱਤੇ ਵਾਇਰਲ ਨਾ ਕਰਨ।

ਸਥਾਨਕ ਵਾਸੀ ਡੇਵਿਡ ਮੈਕਾਬਰੇ ਨੇ ਮੀਡੀਆ ਨਾਲ ਗੱਲਬਾਤ ਦੌਰਾਨ ਦੱਸਿਆ ਕਿ ਜਦੋਂ ਉਹ ਸਵੇਰੇ 7 ਵਜੇ ਉੱਠਿਆ ਤਾਂ ਉਸ ਨੂੰ ਤਿੰਨ ਗੋਲੀਆਂ ਚੱਲਣ ਦੀ ਆਵਾਜ਼ ਸੁਣਾਈ ਦਿੱਤੀ। ਇਸ ਤੋਂ ਬਾਅਦ 15 ਹੋਰ ਗੋਲੀਆਂ ਚੱਲਣ ਦੀ ਆਵਾਜ਼ ਆਈ। ਉਸ ਨੇ ਦੱਸਿਆ ਕਿ ਇਹ ਘਟਨਾ ਉਸ ਦੇ ਅਪਾਰਟਮੈਂਟ ਦੇ ਨੇੜੇ ਹੀ ਵਾਪਰੀ।

ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਘਟਨਾ ਉੱਤੇ ਦੁੱਖ ਜਤਾਉਂਦੇ ਹੋਏ ਕਿਹਾ ਕਿ ਇਸ ਵਾਰਦਾਤ ਕਾਰਨ ਪ੍ਰਭਾਵਿਤ ਹੋਏ ਹਰ ਇੱਕ ਵਿਅਕਤੀ ਨਾਲ ਉਨ੍ਹਾਂ ਨੂੰ ਡੂੰਘੀ ਹਮਦਰਦੀ ਹੈ। ਉਨ੍ਹਾਂ ਕਿਹਾ ਕਿ ਉਹ ਇਸ ਘਟਨਾ ਉੱਤੇ ਨੇੜਿਓਂ ਨਜ਼ਰ ਰੱਖ ਰਹੇ ਹਨ।

ਹੋਰ ਖਬਰਾਂ »