ਉੱਤਰ ਪ੍ਰਦੇਸ਼ ਵਿੱਚ ਸਿੱਖ ਭਾਵਨਾਵਾਂ ਦੇ ਆਧਾਰ ਉੱਤੇ ਚੋਣਾਂ ਲੜਨ ਦਾ ਕੀਤਾ ਐਲਾਨ

ਚੰਡੀਗੜ੍ਹ, 26 ਅਗਸਤ (ਹਮਦਰਦ ਨਿਊਜ਼ ਸਰਵਿਸ) : ਸ਼੍ਰੋਮਣੀ ਅਕਾਲੀ ਦਲ ਪਹਿਲੀ ਵਾਰ ਪੰਜਾਬ ਤੋਂ ਬਾਹਰ ਆਪਣੀ ਕਿਸਮਤ ਅਜ਼ਮਾਉਣ ਜਾ ਰਹੀ ਹੈ।  ਪੰਜਾਬ ਵਿੱਚ ਭਾਰਤੀ ਜਨਤਾ ਪਾਰਟੀ (ਭਾਜਪਾ) ਦੀ ਭਾਈਵਾਲ ਪਾਰਟੀ ਸ਼੍ਰੋਮਣੀ ਅਕਾਲੀ ਦਲ ਨੇ 2019 ਦੀਆਂ ਲੋਕ ਸਭਾ ਚੋਣਾਂ ਵਿੱਚ ਉੱਤਰ ਪ੍ਰਦੇਸ਼ ਵਿੱਚ ਆਪਣੇ ਉਮੀਦਵਾਰ ਖੜ੍ਹੇ ਕਰਨ ਦਾ ਐਲਾਨ ਕੀਤਾ ਹੈ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਉਨ੍ਹਾਂ ਦੀ ਪਾਰਟੀ ਉੱਤਰ ਪ੍ਰਦੇਸ਼ ਵਿੱਚ ਸਿੱਖਾਂ ਦੀ ਨੁਮਾਇੰਦਗੀ ਕਰਨਾ ਚਾਹੁੰਦੀ ਹੈ। ਉਨ੍ਹਾਂ ਕਿਹਾ ਕਿ ਉੱਤਰ ਪ੍ਰਦੇਸ਼ ਵਿੱਚ 40 ਅਜਿਹੇ ਵਿਧਾਨ ਸਭਾ ਹਲਕੇ ਹਨ, ਜਿੱਥੇ 70 ਹਜਾਰ ਤੋਂ ਵੱਧ ਵੋਟਾਂ ਉੱਤੇ ਸਿੱਖਾਂ ਦਾ ਦਬਦਬਾ ਹੈ। ਇਹ 70 ਹਜਾਰ ਵੋਟਾਂ ਲਗਭਗ ਡੇਢ ਲੱਖ ਵੋਟਰਾਂ ਦੇ ਬਰਾਬਰ ਹਨ, ਕਿਉਂਕਿ ਉੱਥੇ ਸਿੱਖਾਂ ਦੇ ਖੇਤਾਂ ਵਿੱਚ ਕੰਮ ਕਰਨ ਵਾਲੇ ਕਾਮੇ ਵੀ ਉਨ੍ਹਾਂ ਦੀ ਹੀ ਸੁਣਦੇ ਹਨ।

ਸੁਖਬੀਰ ਨੇ ਕਿਹਾ ਕਿ ਜੇਕਰ ਉੱਤਰ ਪ੍ਰਦੇਸ਼ ਵਿੱਚ ਸਿੱਖ ਸ਼੍ਰੋਮਣੀ ਅਕਾਲੀ ਦਲ ਜੁੜਨਗੇ ਤਾਂ ਸ਼੍ਰੋਮਣੀ ਅਕਾਲੀ ਦਲ ਦੁਨੀਆ ਭਰ ਵਿੱਚ ਸਿੱਖਾਂ ਅਤੇ ਪੰਜਾਬੀ ਭਾਈਚਾਰੇ ਦੀ ਨੁਮਾਇੰਦਗੀ ਕਰੇਗਾ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਹਰਿਆਣਾ ਵਿੱਚ ਹਾਲ ਹੀ ਵਿੱਚ ਪਿਪਲੀ ਵਿਖੇ ਇੱਕ ਵੱਡੀ ਰੈਲੀ ਕੀਤੀ ਹੈ। ਉੱਥੇ ਸਿੱਖ ਮਹਿਸੂਸ ਕਰਦੇ ਹਨ ਕਿ ਉਨ੍ਹਾਂ ਦੇ ਭਾਈਚਾਰੇ ਵਿੱਚੋਂ ਵੀ ਕੋਈ ਨੁਮਾਇੰਦਗੀ ਕਰਨ ਵਾਲਾ ਹੋਵੇ। ਸੁਖਬੀਰ ਬਾਦਲ ਨੇ ਕਿਹਾ ਕਿ ਯੂਪੀ ਵਿੱਚ ਜਿਆਦਾਤਰ ਸਿੱਖਾਂ ਕੋਲ ਖੇਤ ਹਨ। ਇਸ ਲਈ ਉਨ੍ਹਾਂ ਦੇ ਪੰਜਾਬ ਦੇ ਨਾਲ-ਨਾਲ ਯੂਪੀ ਵਿੱਚ ਵੀ ਸੰਪਰਕ ਬਣੇ ਹੋਏ ਹਨ। ਉਨ੍ਹਾਂ ਕਿਹਾ ਕਿ ਸਿੱਕਮ ਵਿੱਚ ਜਦੋਂ ਗੁਰਦੁਆਰਾ ਸਾਹਿਬ ਦਾ ਮੁੱਦਾ ਉਠਿਆ ਸੀ, ਤਾਂ ਉਸ ਵੇਲੇ ਉੱਥੋਂ ਦੇ ਸਿੱਖਾਂ ਨੇ ਸ਼੍ਰੋਮਣੀ ਅਕਾਲੀ ਦਲ ਨਾਲ ਹੀ ਸੰਪਰਕ ਕੀਤਾ ਸੀ ਅਤੇ ਸ਼੍ਰੋਮਣੀ ਅਕਾਲੀ ਦਲ ਨੇ ਇਹ ਮਸਲਾ ਹੱਲ ਕਰਵਾਇਆ ਸੀ। ਉੱਥੋਂ ਦੇ ਸਿੱਖਾਂ ਨੇ ਇਸ ਮਸਲੇ ਵਿੱਚ ਪੰਜਾਬ ਦੀ ਕਾਂਗਰਸ ਸਰਕਾਰ ਦੇ ਕਿਸੇ ਮੰਤਰੀ ਨੂੰ ਇਸ ਮਸਲੇ ਨੂੰ ਸੁਲਝਾਉਣ ਲਈ ਕੋਈ ਸੱਦਾ ਨਹੀਂ ਦਿੱਤਾ ਸੀ।

ਪਿਪਲੀ ਰੈਲੀ ਦੌਰਾਨ ਸੁਖਬੀਰ ਬਾਦਲ ਨੇ ਕੁਝ ਮੁੱਦਿਆਂ ਨੂੰ ਲੈ ਕੇ ਭਾਜਪਾ ਉੱਤੇ ਨਿਸ਼ਾਨਿਆ ਸਾਧਿਆ। ਉਨ੍ਹਾਂ ਨੇ ਹਿਸਾਰ ਵਿੱਚ ਸਿੱਖ ਪਰਿਵਾਰ ਨਾਲ ਵਾਪਰੀ ਘਟਨਾ ਉੱਤੇ ਦੁੱਖ ਜਤਾਉਂਦਿਆਂ ਕਿਹਾ ਕਿ ਮੌਜੂਦਾ ਹਰਿਆਣਾ ਸਰਕਾਰ ਦੇ ਕਾਰਜਕਾਲ ਵਿੱਚ ਸਿੱਖ ਪਰਿਵਾਰ ਨੂੰ ਤੰਗ-ਪ੍ਰੇਸ਼ਾਨ ਕੀਤਾ ਗਿਆ ਅਤੇ ਸਿੱਖ ਪਰਿਵਾਰਕ ਮੈਂਬਰਾਂ ਵਿਰੁੱਧ ਅਪਰਾਧਕ ਕੇਸ ਦਰਜ ਕੀਤਾ ਗਿਆ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਸਿੱਖ ਭਾਈਚਾਰੇ ਦਾ ਸਭ ਤੋਂ ਵੱਡਾ ਦੁਸ਼ਮਣ ਕਾਂਗਰਸ ਹੈ, ਜਿਸ ਨੇ ਭਜਨ ਲਾਲ ਦੇ ਸਮੇਂ, ਬੰਸੀ ਲਾਲ ਦੇ ਕਾਰਜਕਾਲ ਦੌਰਾਨ ਅਤੇ ਕਾਂਗਰਸ ਦੇ ਹੋਰਨਾਂ ਸ਼ਾਸਕਾਂ ਸਮੇਂ ਸਿੱਖਾਂ ਨਾਲ ਦੁਸ਼ਮਣੀ ਨਿਭਾਈ।

ਦਿਲਚਸਪੀ ਵਾਲੀ ਗੱਲ ਹੈ ਕਿ ਭਾਰਤ ਦੀ ਦੂਜੀ ਸਭ ਤੋਂ ਪੁਰਾਣੀ ਸਿਆਸੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਪਹਿਲੀ ਵਾਰ ਪੰਜਾਬ ਤੋਂ ਬਾਹਰ ਆਪਣੀ ਕਿਸਮਤ ਅਜ਼ਮਾਉਣ ਜਾ ਰਹੀ ਹੈ। ਸੁਖਬੀਰ ਨੇ ਕਿਹਾ ਕਿ ਅਕਾਲੀ ਦਲ ਪੰਜਾਬ ਉੱਤੇ ਵੀ ਆਪਣਾ ਪੂਰਾ ਧਿਆਨ ਦਿੰਦੀ ਰਹੇਗੀ। ਉਨ੍ਹਾਂ ਕਿਹਾ ਕਿ ਜਦੋਂ ਉਨ੍ਹਾਂ ਨੂੰ (2008 ਵਿੱਚ) ਪਾਰਟੀ ਦੀ ਪ੍ਰਧਾਨਗੀ ਮਿਲੀ ਸੀ ਤਾਂ ਉਨ੍ਹਾਂ ਨੇ ਇਸ ਦਾ ਵਿਸਥਾਰ ਕਰਨ ਦੀ ਸੋਚ ਲਈ ਸੀ। ਸ਼੍ਰੋਮਣੀ ਅਕਾਲੀ ਦੇ ਪ੍ਰਧਾਨ ਨੇ ਕਿਹਾ ਕਿ ਹੁਣ ਉਨ੍ਹਾਂ ਕੋਲ ਦਿੱਲੀ ਦੇ ਨਾਲ-ਨਾਲ ਹਰਿਆਣਾ ਵਿੱਚ ਵੀ ਵਿਧਾਇਕ ਹਨ। ਉਨ੍ਹਾਂ ਕਿਹਾ ਕਿ 2019 ਦੀਆਂ ਲੋਕ ਸਭਾ ਚੋਣਾਂ ਵਿੱਚ ਅਸੀਂ ਆਪਣੇ ਬਲਬੂਤੇ ਉੱਤੇ ਚੋਣਾਂ ਲੜਾਂਗੇ। ਉਨ੍ਹਾਂ ਕਿਹਾ ਕਿ ਅਸੀਂ ਹਰਿਆਣਾ ਦੇ ਨਾਲ-ਨਾਲ ਰਾਜਸਥਾਨ ਅਤੇ ਉੱਤਰ ਪ੍ਰਦੇਸ਼ ਵਿੱਚ ਵੀ ਚੋਣਾਂ ਲੜਾਂਗੇ। ਉਨ੍ਹਾਂ ਕਿਹਾ ਕਿ ਕੁਝ ਸੂਬਿਆਂ ਵਿੱਚ ਲੋਕ ਸਭਾ ਚੋਣਾਂ ਤੋਂ ਅਤੇ ਕੁਝ ਸੂਬਿਆਂ ਵਿੱਚ ਵਿਧਾਨ ਸਭਾ ਚੋਣਾਂ ਤੋਂ ਸ਼ੁਰੂਆਤ ਕਰਨਗੇ।

ਹਰਿਆਣਾ ਵਿੱਚ ਇਨੈਲੋ ਨਾਲ ਗਠਜੋੜ ਤੋੜਨ ਬਾਰੇ ਸਰਦਾਰ ਬਾਦਲ ਨੇ ਕਿਹਾ ਕਿ ਇਨੈਲੋ ਨੇ ਅਕਾਲੀ ਦਲ ਨਾਲ ਖੁਦ ਤੋੜ-ਵਿਛੋੜਾ ਕਰਨ ਦਾ ਐਲਾਨ ਕੀਤਾ ਹੈ। ਐਸਵਾਈਐਲ ਨਹਿਰ ਦੇ ਮੁੱਦੇ ਉੱਤੇ ਇਨੈਲੋ ਨੇ ਸਾਡੇ ਨਾਲ ਗਠਜੋੜ ਤੋੜਨ ਦਾ ਫੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਇਹ ਉਨ੍ਹਾਂ ਦਾ ਖੁਦ ਦਾ ਫੈਸਲਾ ਹੈ, ਸਾਡਾ ਨਹੀਂ।  ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਨੇ ਕਿਹਾ ਕਿ ਅਸੀਂ ਆਪਣੇ ਦਮ ਉੱਤੇ ਚੋਣਾਂ ਲੜਾਂਗੇ।      

ਹੋਰ ਖਬਰਾਂ »