ਅੰਮ੍ਰਿਤਸਰ, 9 ਜਨਵਰੀ, (ਹ.ਬ.) : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸ੍ਰੀ ਦਰਬਾਰ ਸਾਹਿਬ ਵਿਚ ਧਾਰਮਿਕ ਭਾਵਨਾਵਾਂ ਦੇ ਮੱਦੇਨਜ਼ਰ ਫ਼ੋਟੋ ਖਿੱਚਣ ਅਤੇ ਵੀਡੀਓਗਰਾਫ਼ੀ ਕਰਨ 'ਤੇ ਪਾਬੰਦੀ ਲਗਾ ਦਿੱਤੀ ਹੈ। ਐਸਜੀਪੀਸੀ ਦੇ ਸਕੱਤਰ ਰੂਪ ਸਿੰਘ ਨੇ ਦੱਸਿਆ ਕਿ ਸ੍ਰੀ ਦਰਬਾਰ ਸਾਹਿਬ ਸਮੁੱਚੇ ਵਿਸ਼ਵ ਦੀ ਸਿੱਖ ਸੰਗਤ ਦੇ ਲਈ ਅਧਿਆਤਮ ਦਾ ਕੇਂਦਰ ਹੋਣ ਦੇ ਨਾਲ-ਨਾਲ ਸਿੱਖਾਂ ਦਾ ਧਾਰਮਿਕ ਸਥਾਨ ਹੈ।
ਰੂਪ ਸਿੰਘ ਨੇ ਕਿਹਾ ਕਿ ਇਸ ਸਥਾਨ ਦੀ ਪਵਿੱਤਰਤਾ ਦੇ ਮੱਦੇਨਜ਼ਰ ਸ਼੍ਰੋਮਣੀ ਕਮੇਟੀ ਨੇ ਫ਼ੋਟੋ ਖਿੱਚਣ ਅਤੇ ਵੀਡੀਓ ਬਣਾਉਣ 'ਤੇ ਪਾਬੰਦੀ ਲਗਾਉਣ ਦਾ ਫ਼ੈਸਲਾ ਕੀਤਾ ਹੈ। ਉਨ੍ਹਾਂ ਸਪਸ਼ਟ ਕੀਤਾ ਕਿ ਜੇਕਰ ਕੋਈ ਸ਼ਰਧਾ ਅਤੇ ਸਤਿਕਾਰ ਸਹਿਤ ਯਾਦਗਾਰੀ ਫ਼ੋਟੋ ਖਿਚਵਾਉਣੀ ਚਾਹੁੰਦੀ ਹੈ ਤਾਂ ਇਸ ਸਬੰਧ ਵਿਚ ਸ੍ਰੀ ਦਰਬਾਰ ਸਾਹਿਬ ਦੇ ਸੇਵਾਦਾਰ ਉਸ ਦੀ ਮਦਦ ਕਰਨਗੇ। ਉਨ੍ਹਾਂ ਨੇ ਦੱਸਿਆ ਕਿ ਮੀਡੀਆ ਕਵਰੇਜ ਦੇ ਲਈ ਦਰਬਾਰ ਸਾਹਿਬ ਦੀ ਪਰਿਕਰਮਾ ਵਿਚ ਵਿਸ਼ੇਸ਼ ਸਥਾਨ ਨਿਰਧਾਰਤ ਕੀਤਾ ਗਿਆ ਹੈ।
ਸ੍ਰੀ ਦਰਬਾਰ ਸਾਹਿਬ ਵਿਚ ਸ਼ਰਧਾ ਨਾਲ ਮੱਥਾ ਟੇਕਣ ਲਈ ਦੇਸ਼ ਵਿਦੇਸ਼ ਦੀ ਸੰਗਤ ਪਿਛਲੇ ਕਾਫੀ ਸਮੇਂ ਤੋਂ ਪਰਿਕਰਮਾ ਵਿਚ ਮੋਬਾਈਲ ਨਾਲ ਸੈਲਫ਼ੀ ਲੈਣ ਅਤੇ ਫ਼ੋਟੋਗਰਾਫ਼ੀ 'ਤੇ ਇਤਰਾਜ਼ ਪ੍ਰਗਟ ਕਰ ਰਹੀ ਸੀ। ਇਸ ਸਬੰਧੀ ਲਗਾਤਾਰ ਅਲੱਗ ਅਲੱਗ ਸਾਧਨਾਂ ਰਾਹੀਂ ਸ਼ਿਕਾਇਤਾਂ ਮਿਲ ਰਹੀਆਂ ਸਨ। ਐਸਜੀਪੀਸੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਦੇ ਮੁਤਾਬਕ ਸੰਗਤ ਦੀ ਭਾਵਨਾਵਾਂ ਨੂੰ ਦੇਖਦੇ ਹੋਏ ਹੀ ਇਹ ਫ਼ੈਸਲਾ ਲਿਆ ਗਿਆ ਹੈ।

ਹੋਰ ਖਬਰਾਂ »