ਔਟਵਾ, 14 ਅਪ੍ਰੈਲ (ਵਿਸ਼ੇਸ਼ ਪ੍ਰਤੀਨਿਧ) : ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਕੈਨੇਡਾ ਦੇ ਸਿੱਖ ਭਾਈਚਾਰੇ ਲਈ ਇਕ ਹੋਰ ਵੱਡਾ ਐਲਾਨ ਕਰਦਿਆਂ ਅਪ੍ਰੈਲ ਨੂੰ ਸਿੱਖ ਵਿਰਾਸਤੀ ਮਹੀਨੇ ਵਜੋਂ ਮਨਾਏ ਜਾਣ ਦੀ ਪ੍ਰਵਾਨਗੀ ਦੇ ਦਿਤੀ। ਉਨਟਾਰੀਓ, ਬ੍ਰਿਟਿਸ਼ ਕੋਲੰਬੀਆ ਅਤੇ ਐਲਬਰਟਾ ਵਿਚ ਪਹਿਲਾਂ ਹੀ ਅਪ੍ਰੈਲ ਨੂੰ ਸਿੱਖ ਵਿਰਾਸਤੀ ਮਹੀਨੇ ਵਜੋਂ ਮਨਾਇਆ ਜਾਂਦਾ ਹੈ ਜਦਕਿ ਹੁਣ ਕੌਮੀ ਪੱਧਰ 'ਤੇ ਸਿੱਖ ਭਾਈਚਾਰਾ ਸਮਾਜ ਦੇ ਹੋਰਨਾਂ ਵਰਗਾਂ ਨਾਲ ਰਲ ਕੇ ਸਮਾਗਮਾਂ ਦਾ ਆਯੋਜਨ ਕਰੇਗਾ। ਲਿਬਰਲ ਐਮ.ਪੀ. ਸੁਖ ਧਾਲੀਵਾਲ ਵੱਲੋਂ ਹਾਊਸ ਆਫ਼ ਕਾਮਨਜ਼ ਵਿਚ ਬਿਲ ਸੀ-376 ਪੇਸ਼ ਕੀਤਾ ਗਿਆ ਸੀ ਜਿਸ ਨੂੰ ਸਦਨ ਨੇ ਮਨਜ਼ੂਰੀ ਦੇ ਦਿਤੀ। 13 ਅਪ੍ਰੈਲ ਨੂੰ ਹਾਊਸ ਆਫ਼ ਕਾਮਨਜ਼ ਵਿਚ ਬਿਲ ਸੀ-376 ਪਾਸ ਹੋਣ ਮਗਰੋਂ ਜਸਟਿਨ ਟਰੂਡੋ ਆਪਣੀ ਕੈਬਨਿਟ ਦੇ ਸਿੱਖ ਮੰਤਰੀ ਹਰਜੀਤ ਸਿੰਘ ਸੱਜਣ ਅਤੇ ਐਮ.ਪੀ. ਸੁਖ ਧਾਲੀਵਾਲ ਕੋਲ ਗਏ ਅਤੇ ਗਲੇ ਮਿਲੇ। ਜਸਟਿਨ ਟਰੂਡੋ ਨੇ ਪਿਛਲੇ ਦਿਨੀਂ ਇਕ ਧਾਰਮਿਕ ਸਮਾਗਮ ਦੌਰਾਨ ਕਿਹਾ ਸੀ ਕਿ ਉਨ•ਾਂ ਨੂੰ ਅਤੇ ਉਨ•ਾਂ ਦੇ ਪਰਵਾਰ ਨੂੰ ਦਰਬਾਰ ਸਾਹਿਬ ਵਿਖੇ ਜਾ ਕੇ ਜੋ ਸਕੂਨ ਮਿਲਿਆ, ਉਸ ਨੂੰ ਬਿਆਨ ਨਹੀਂ ਕੀਤਾ ਜਾ ਸਕਦਾ। ਟਰੂਡੋ ਨੇ ਕਿਹਾ ਸੀ ਕਿ ਕੈਨੇਡਾ ਦੇ ਸਿੱਖ ਭਾਈਚਾਰੇ ਵੱਲੋਂ ਕਈ ਸਾਲ ਤੋਂ ਅਪ੍ਰੈਲ ਨੂੰ ਸਿੱਖ ਵਿਰਾਸਤੀ ਮਹੀਨਾ ਐਲਾਨਣ ਦੀ ਮੰਗ ਕੀਤੀ ਜਾ ਰਹੀ ਹੈ ਜਿਸ ਨੂੰ ਪੂਰਾ ਕਰਨ ਦੀ ਕੋਸ਼ਿਸ਼ ਕੀਤੀ ਜਾਵੇਗੀ।

ਹੋਰ ਖਬਰਾਂ »