ਚੰਡੀਗੜ੍ਹ, 17 ਅਗਸਤ, ਹ.ਬ. : ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਦੇ ਮੈਂਬਰ ਅਤੇ ਪਾਰਟੀ ਦੀ ਹਰਿਆਣਾ ਇਕਾਈ ਦੇ ਇੰਚਾਰਜ ਬਲਵਿੰਦਰ ਸਿੰਘ ਭੂੰਦੜ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਅਗਾਮੀ ਹਰਿਆਣਾ ਵਿਧਾਨ ਸਭਾ ਚੋਣਾਂ ਭਾਜਪਾ ਨਾਲ ਗੱਠਜੋੜ ਕਰਕੇ ਲੜੇਗਾ। ਇਸ ਸਬੰਧੀ ਦੋਵਾਂ ਪਾਰਟੀਆਂ ਵਿਚ ਸੀਟਾਂ ਦੀ ਵੰਡ ਨੂੰ ਲੈ ਕੇ ਗੱਲਬਾਤ ਚਲ ਰਹੀ ਹੈ। ਸੂਬੇ ਅੰਦਰ ਮੈਂਬਰਸ਼ਿਪ ਭਰਤੀ ਮੁਹਿੰਮ ਦਾ ਜਾਇਜ਼ਾ ਲੈਣ ਲਈ ਕੀਤੀ ਅਕਾਲੀ ਦਲ ਦੀ ਹਰਿਆਣਾ ਇਕਾਈ ਦੀ ਮੀਟਿੰਗ ਮਗਰੋਂ ਉਨ੍ਹਾਂ ਕਿਹਾ ਕਿ ਭਾਜਪਾ ਨਾਲ ਚਲ ਰਹੀ ਗੱਲਬਾਤ ਬਾਰੇ ਮੈਂਬਰਾਂ ਨੂੰ ਜਾਣੂ ਕਰਵਾ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਪਾਰਟੀ ਲੀਡਰਸ਼ਿਪ ਨੇ ਹਰਿਆਣਾ ਦੀ ਅਕਾਲੀ ਲੀਡਰਸ਼ਿਪ ਤੋਂ ਪਾਰਟੀ ਆਗੂਆਂ ਦੇ ਜਿੱਤਣ ਦੀਆਂ ਸੰਭਾਵਨਾਵਾਂ ਬਾਰੇ ਵੀ ਪ੍ਰਤੀਕਿਰਿਆ ਲਈ ਹੈ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਸਬੰਧ ਵਿਚ 7 ਸਤੰਬਰ ਨੂੰ ਕੁਰੁਕਸ਼ੇਤਰ ਵਿਚ ਵੱਡਾ ਇਕੱਠ ਕੀਤਾ ਜਾ ਰਿਹਾ ਹੈ।  ਇਸ ਜਗ੍ਹਾ 'ਤੇ ਅੱਠ ਗੁਰੂ ਸਾਹਿਬਾਨ ਦੇ ਚਰਨ ਪਏ ਹਨ। ਉਨ੍ਹਾਂ  ਅਕਾਲੀ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਘਰ ਘਰ ਜਾ ਕੇ ਲੋਕਾਂ ਨੂੰ ਇਸ ਇਕੱਠ ਵਿਚ ਆਉਣ ਲਈ ਪ੍ਰੇਰਤ ਕਰਨ ਅਤੇ ਗੁਰੂ ਸਾਹਿਬ ਦੇ ਸਰਬ ਸਾਂਝੀਵਾਲਤਾ ਦੇ ਸੰਦੇਸ਼ ਨੂੰ ਹਰਿਆਣਾ ਦੇ ਸਾਰੇ ਕਸਬਿਆਂ ਅਤੇ ਪਿੰਡਾਂ ਤੱਕ ਪਹੁੰਚਾਉਣ। 

ਹੋਰ ਖਬਰਾਂ »