ਰਾਜ ਸਭਾ 'ਚ ਸ਼੍ਰੋਮਣੀ ਅਕਾਲੀ ਦਲ ਆਗੂ ਦੇ ਅਹੁਦੇ ਤੋਂ ਅਸਤੀਫ਼ਾ

ਨਵੀਂ ਦਿੱਲੀ, 19 ਅਕਤੂਬਰ (ਵਿਸ਼ੇਸ਼ ਪ੍ਰਤੀਨਿਧ) : ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਨੇ ਸਦਨ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿਤਾ ਹੈ। ਪਿਛਲੇ ਸਾਲ ਸਤੰਬਰ ਵਿਚ ਅਕਾਲੀ ਦਲ ਦੇ ਸਾਰੇ ਅਹੁਦਿਆਂ ਤੋਂ ਅਸਤੀਫ਼ਤਾ ਦੇ ਚੁੱਕੇ ਸੁਖਦੇਵ ਸਿੰਘ ਢੀਂਡਸਾ ਨੇ ਰਾਜ ਸਭਾ ਦੇ ਚੇਅਰਮੈਨ ਐਮ. ਵੈਂਕਈਆ ਨਾਇਡੂ ਨਾਲ ਮੁਲਾਕਾਤ ਦੌਰਾਨ ਆਪਣਾ ਅਸਤੀਫ਼ਾ ਸੌਂਪ ਦਿਤਾ। ਆਪਣੇ ਤਾਜ਼ਾ ਫ਼ੈਸਲਾ ਬਾਰੇ ਸੁਖਦੇਵ ਸਿੰਘ ਢੀਂਡਸਾ ਨੇ ਕੋਈ ਕਾਰਨ ਨਹੀਂ ਦੱਸਿਆ ਅਤੇ ਨਾ ਹੀ ਕੋਈ ਟਿੱਪਣੀ ਕੀਤੀ। ਉਨਾਂ ਦੇ ਇਕ ਨਜ਼ਦੀਕੀ ਨੇ ਅਸਤੀਫ਼ੇ ਦੀ ਪੁਸ਼ਟੀ ਕਰਦਿਆਂ ਕਿਹਾ ਕਿ ਉਹ ਰਾਜ ਸਭਾ ਮੈਂਬਰ ਦੇ ਮੈਂਬਰ ਬਣੇ ਰਹਿਣਗੇ। ਅਕਾਲੀ ਦਲ ਵਿਚ ਕਿਸੇ ਵੇਲੇ ਪ੍ਰਕਾਸ਼ ਸਿੰਘ ਬਾਦਲ ਤੋਂ ਬਾਅਦ ਦੂਜੇ ਸਭ ਤੋਂ ਵੱਡੇ ਆਗੂ ਮੰਨੇ ਜਾਣ ਵਾਲੇ ਸੁਖਦੇਵ ਸਿੰਘ ਢੀਂਡਸਾ ਦੇ ਮਨ ਵਿਚ ਆਪਣੀ ਪਾਰਟੀ ਪ੍ਰਤੀ ਪੈਦਾ ਹੋਈ ਕੁੜੱਤਣ ਲਗਾਤਾਰ ਵਧਦੀ ਚਲੀ ਗਈ। ਬਾਦਲ ਪਰਵਾਰ ਵੱਲੋਂ ਮਨਾਉਣ ਦੀਆਂ ਕੋਸ਼ਿਸ਼ਾਂ ਵੀ ਰੰਗ ਨਾ ਲਿਆ ਸਕੀਆਂ ਅਤੇ ਦੱਸਿਆ ਜਾਂਦਾ ਹੈ ਕਿ ਉਨਾਂ ਨੂੰ ਪ੍ਰਕਾਸ਼ ਸਿੰਘ ਬਾਦਲ ਨੂੰ ਮਿਲਣ ਤੋਂ ਵੀ ਨਾਂਹ ਕਰ ਦਿਤੀ ਸੀ। ਮਈ ਵਿਚ ਹੋਈਆਂ ਲੋਕ ਸਭਾ ਚੋਣਾਂ ਦੌਰਾਨ ਸੁਖਦੇਵ ਸਿੰਘ ਢੀਂਡਸਾ ਦੇ ਸਪੁੱਤਰ ਪਰਮਿੰਦਰ ਸਿੰਘ ਢੀਂਡਸਾ, ਸੰਗਰੂਰ ਤੋਂ ਅਕਾਲੀ ਦਲ ਦੇ ਉਮੀਦਵਾਰ ਸਨ ਪਰ ਉਨਾਂ ਨੇ ਆਪਣੇ ਬੇਟੇ ਦੇ ਹੱਕ ਵਿਚ ਬਿਲਕੁਲ ਪ੍ਰਚਾਰ ਨਾ ਕੀਤਾ। ਚੇਤੇ ਰਹੇ ਕਿ ਸਭ ਤੋਂ ਪਹਿਲਾਂ ਸੁਖਦੇਵ ਸਿੰਘ ਢੀਂਡਸਾ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਕੰਮ ਕਰਨ ਦੇ ਤੌਰ-ਤਰੀਕਿਆਂ ਉਪਰ ਸਵਾਲ ਉਠਾਏ ਸਨ। ਸੂਤਰਾਂ ਮੁਤਾਬਕ ਭਾਰਤੀ ਜਨਤਾ ਪਾਰਟੀ ਸੁਖਦੇਵ ਸਿੰਘ ਢੀਂਡਸਾ ਨੂੰ ਆਪਣੇ ਪਾਲੇ ਵਿਚ ਲਿਆਉਣਾ ਚਾਹੁੰਦੀ ਹੈ ਜਿਸ ਦੇ ਮੱਦੇਨਜ਼ਰ ਉਨਾਂ ਨੂੰ ਪਦਮ ਭੂਸ਼ਣ ਐਵਾਰਡ ਨਾਲ ਵੀ ਨਿਵਾਜਿਆ ਗਿਆ। ਅਕਾਲੀ ਦਲ ਅਤੇ ਭਾਜਪਾ ਗਠਜੋੜ ਦੇ ਰਿਸ਼ਤਿਆਂ ਵਿਚ ਵਧਦੀਆਂ ਤਰੇੜਾਂ ਦਰਮਿਆਨ ਸੁਖਦੇਵ ਸਿੰਘ ਢੀਂਡਸਾ ਦੇ ਅਸਤੀਫ਼ੇ ਨੂੰ ਕਈ ਪਹਿਲੂਆਂ ਤੋਂ ਵੇਖਿਆ ਜਾ ਰਿਹਾ ਹੈ।

ਹੋਰ ਖਬਰਾਂ »

ਹਮਦਰਦ ਟੀ.ਵੀ.