ਮੋਦੀ ਵੱਲੋਂ ਗੁਰੂ ਸਾਹਿਬ ਦੀ ਯਾਦ ਵਿਚ ਸਿੱਕਾ ਜਾਰੀ

ਬਰਮਿੰਘਮ, 3 ਨਵੰਬਰ (ਵਿਸ਼ੇਸ਼ ਪ੍ਰਤੀਨਿਧ) : ਗੁਰੂ ਨਾਨਕ ਸਾਹਿਬ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਦੁਨੀਆਂ ਭਰ ਵਿਚ ਨਵੀਆਂ ਯਾਦਗਾਰਾਂ ਸਥਾਪਤ ਕੀਤੀਆਂ ਜਾ ਰਹੀਆਂ ਹਨ ਜਿਸ ਤਹਿਤ ਬਰਤਾਨੀਆ ਦੀ ਬਰਮਿੰਘਮ ਯੂਨੀਵਰਸਿਟੀ ਵਿਚ ਭਾਰਤ ਸਰਕਾਰ ਦੇ ਸਹਿਯੋਗ ਨਾਲ ਗੁਰੂ ਨਾਨਕ ਚੇਅਰ ਦਾ ਉਦਘਾਟਨ ਕੀਤਾ ਗਿਆ। ਇਸੇ ਤਰਾਂ ਥਾਈਲੈਂਡ ਦੀ ਰਾਜਧਾਨੀ ਬੈਂਕਾਕ ਵਿਖੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਗੁਰੂ ਨਾਨਕ ਸਾਹਿਬ ਦੀ ਯਾਦ ਵਿਚ ਸਿੱਕਾ ਜਾਰੀ ਕੀਤਾ। ਬਰਮਿੰਘਮ ਯੂਨੀਵਰਸਿਟੀ ਵਿਚ ਗੁਰੂ ਨਾਨਕ ਚੇਅਰ ਦਾ ਉਦਘਾਟਨ ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਨੇ ਕੀਤਾ। ਇਸ ਚੇਅਰ ਤਹਿਤ ਕੀਤੇ ਜਾਣ ਵਾਲੇ ਖੋਜ ਕਾਰਜ ਸਿੱਖ ਧਰਮ ਦੇ ਮੋਢੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ 'ਤੇ ਕੇਂਦਰਤ ਹੋਣਗੇ। ਹਰਦੀਪ ਸਿੰਘ ਪੁਰੀ ਨੇ ਇਸ ਮੌਕੇ ਗੁਰੂ ਨਾਨਕ ਸਾਹਿਬ ਦੀਆਂ ਸਿੱਖਿਆਵਾਂ ਦੀ ਅਜੋਕੇ ਸਮੇਂ ਵਿਚ ਮਹੱਤਤਾ ਦੇ ਵਿਸ਼ੇ 'ਤੇ ਭਾਸ਼ਣ ਵੀ ਦਿਤਾ ਜਿਸ ਦਾ ਪ੍ਰਬੰਧ ਇੰਡੀਅਨ ਇੰਸਟੀਚਿਊਟ ਆਫ਼ ਯੂਨੀਵਰਸਿਟੀ ਵੱਲੋਂ ਕੀਤਾ ਗਿਆ ਸੀ। ਕੇਂਦਰੀ ਮੰਤਰੀ ਨੇ ਕਿਹਾ ਕਿ ਬਰਤਾਨੀਆ ਵਿਚ ਭਾਰਤੀ ਭਾਈਚਾਰੇ ਦੀਆਂ ਭਾਵਨਾਵਾਂ ਤੇ ਇੱਛਾ ਨੂੰ ਧਿਆਨ ਵਿਚ ਰਖਦਿਆਂ ਗੁਰੂ ਨਾਨਕ ਸਾਹਿਬ ਦੀਆਂ ਸਿੱਖਿਆਵਾਂ ਨੂੰ ਅਕਾਦਮਿਕ ਦਾਇਰੇ ਵਿਚ ਲਿਆਉਣ ਵਾਸਤੇ ਇਹ ਉਪਰਾਲਾ ਕੀਤਾ ਗਿਆ ਹੈ।

ਹੋਰ ਖਬਰਾਂ »

ਹਮਦਰਦ ਟੀ.ਵੀ.