ਚੰਡੀਗੜ੍ਹ, 13 ਜਨਵਰੀ (ਹਮਦਰਦ ਨਿਊਜ਼ ਸਰਵਿਸ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰ ਦੇ ਤਿੰਨ ਖੇਤੀ ਕਾਨੂੰਨਾਂ ਨੂੰ ਲਾਗੂ ਕਰਨ ’ਤੇ ਸੁਪਰੀਮ ਕੋਰਟ ਵੱਲੋਂ ਲਾਈ ਗਈ ਰੋਕ ਕਾਰਨ ਪੈਦਾ ਹੋਏ ਹਾਲਾਤ ’ਤੇ ਚਰਚਾ ਕਰਨ ਲਈ 14 ਜਨਵਰੀ ਨੂੰ ਪੰਜਾਬ ਕੈਬਨਿਟ ਦੀ ਬੈਠਕ ਸੱਦ ਲਈ ਹੈ। ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਨ ਨੇ ਟਵੀਟ ਕਰਦਿਆਂ ਇਹ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਦੇ ਟਵੀਟ ਦੇ ਅਨੁਸਾਰ ਮੁੱਖ ਮੰਤਰੀ ਨੇ ਸੂਬੇ ਦੇ ਐਡਵੋਕੇਟ ਜਨਰਲ ਅਤੁਲ ਨੰਦਾ ਨੂੰ ਮੰਗਲਵਾਰ ਨੂੰ ਆਏ ਸੁਪਰੀਮ ਕੋਰਟ ਦੇ ਹੁਕਮ ਦੀ ਕਾਪੀ ਉਪਲੱਬਧ ਕਰਾਉਣ ਲਈ ਕਿਹਾ ਹੈ। ਸੁਪਰੀਮ ਕੋਰਟ ਦੇ ਹੁਕਮ ’ਤੇ ਵੀਰਵਾਰ ਨੂੰ ਸ਼ਾਮ 4 ਵਜੇ ਮੰਤਰੀ ਮੰਡਲ ਦੀ ਬੈਠਕ ਵਿੱਚ ਵਿਚਾਰ ਕੀਤਾ ਜਾਵੇਗਾ। ਦੱਸ ਦੇਈਏ ਕਿ ਪੰਜਾਬ ਸਰਕਾਰ ਪਹਿਲਾਂ ਹੀ ਉਕਤ ਤਿੰਨੇ ਖੇਤੀ ਕਾਨੂੰਨਾਂ ਨੂੰ ਖਾਰਜ ਕਰਦੇ ਹੋਏ ਇਨ੍ਹਾਂ ਵਿਰੁੱਧ ਵਿਧਾਨ ਸਭਾ ਵਿੱਚ ਸੋਧ ਬਿਲ ਪਾਸ ਕਰ ਚੁੱਕੀ ਹੈ। 
ਸਰਕਾਰ ਨੇ ਆਪਣੇ ਸੋਧ ਬਿਲਾਂ ਨੂੰ ਰਾਸ਼ਟਰਪਤੀ ਦੀ ਮਨਜ਼ੂਰੀ ਲਈ ਰਾਜਪਾਲ ਵੀਪੀ ਸਿੰਘ ਬਦਨੌਰ ਨੂੰ ਸੌਂਪ ਦਿੱਤਾ ਹੈ, ਪਰ ਰਾਜਪਾਲ ਵੱਲੋਂ ਹੁਣ ਤੱਕ ਸੂਬਾ ਸਰਕਾਰ ਦੇ ਸੋਧ ਬਿਲਾਂ ਨੂੰ ਰਾਸ਼ਟਰਪਤੀ ਨੂੰ ਨਹੀਂ ਭੇਜਿਆ ਗਿਆ। ਦੂਜੇ ਪਾਸੇ ਇਨ੍ਹਾਂ ਬਿਲਾਂ ਨੂੰ ਮਨਜ਼ੂਰ ਕਰਨ ਲਈ ਮੁੱਖ ਮੰਤਰੀ ਖੁਦ ਵੀ ਰਾਸ਼ਟਰਪਤੀ ਨੂੰ ਮਿਲਣ ਦਾ ਸਮਾਂ ਮੰਗ ਚੁੱਕੇ ਹਨ, ਪਰ ਉਨ੍ਹਾਂ ਨੂੰ ਮੁਲਾਕਾਤ ਦਾ ਸਮਾਂ ਨਹੀਂ ਦਿੱਤਾ ਗਿਆ। ਦੱਸ ਦੇਈਏ ਕਿ ਪੰਜਾਬ ਦੀ ਕਾਂਗਰਸ ਸਰਕਾਰ ਇਨ੍ਹਾਂ ਤਿੰਨੇ ਖੇਤੀ ਕਾਨੂੰਨਾਂ ਵਿਰੁੱਧ ਮੌਜੂਦਾ ਕਿਸਾਨ ਅੰਦੋਲਨ ਦਾ ਖੁੱਲ੍ਹ ਕੇ ਸਮਰਥਨ ਕਰ ਰਹੀ ਹੈ। 

 

ਹੋਰ ਖਬਰਾਂ »

ਹਮਦਰਦ ਟੀ.ਵੀ.