ਫਰੀਦਕੋਟ, 19 ਜਨਵਰੀ (ਹਮਦਰਦ ਨਿਊਜ਼ ਸਰਵਿਸ) : ਕੋਟਕਪੁਰਾ ਗੋਲੀਕਾਂਡ ਮਾਮਲੇ ਵਿੱਚ ਵੀ ਐਸਆਈਟੀ ਨੇ ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਵਿਰੁੱਧ ਅਦਾਲਤ ਵਿੱਚ ਚਲਾਨ ਪੇਸ਼ ਕਰ ਦਿੱਤਾ। ਇਸ ਤੋਂ ਬਾਅਦ ਜੇਐਮਆਈਸੀ ਏਕਤਾ ਉਪਲ ਦੀ ਅਦਾਲਤ ਨੇ ਸੈਣੀ ਨੂੰ ਨੋਟਿਸ ਜਾਰੀ ਕਰਦੇ ਹੋਏ 18 ਫਰਵਰੀ ਨੂੰ ਪੇਸ਼ ਹੋਣ ਦੇ ਹੁਕਮ ਦਿੱਤੇ ਹਨ। ਤਿੰਨ ਦਿਨ ਪਹਿਲਾਂ ਹੀ ਸਪੈਸ਼ਲ ਇਨਵੈਸਟੀਗੇਸ਼ਟ ਟੀਮ (ਐਸਆਈਟੀ) ਨੇ ਸਾਬਕਾ ਡੀਜੀਪੀ ਵਿਰੁੱਧ ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿੱਚ ਚਾਰਜਸ਼ੀਟ ਦਾਖ਼ਲ ਕੀਤੀ ਸੀ। ਦੋਵਾਂ ਮਾਮਲਿਆਂ ਵਿੱਚ ਐਸਆਈਟੀ ਨੇ ਉਨ੍ਹਾਂ ਨੂੰ ਪਿਛਲੇ ਸਾਲ ਅਕਤੂਬਰ ਵਿੱਚ ਬਤੌਰ ਮੁਲਜ਼ਮ ਨਾਮਜ਼ਦ ਕੀਤਾ ਸੀ। ਐਸਆਈਟੀ ਨੇ ਸਾਬਕਾ ਡੀਜੀਪੀ ’ਤੇ ਗੋਲੀਕਾਂਡ ਦੀ ਸਾਜ਼ਿਸ਼ ਵਿੱਚ ਸ਼ਾਮਲ ਹੋਣ ਦੇ ਦੋਸ਼ ਲਾਏ ਹਨ। 
ਬਹਿਬਲ ਕਲਾਂ ਤੇ ਕੋਟਕਪੁਰਾ ਗੋਲੀਕਾਂਡ ਦੀਆਂ ਘਟਨਾਵਾਂ 14 ਅਕਤੂਬਰ 2015 ਨੂੰ ਵਾਪਰੀਆਂ ਸਨ। ਬਹਿਬਲ ਕਲਾਂ ਵਿੱਚ ਪੁਲਿਸ ਦੀ ਗੋਲੀ ਲੱਗਣ ਕਾਰਨ ਦੋ ਨੌਜਵਾਨਾਂ ਦੀ ਮੌਤ ਹੋਈ ਸੀ। ਕੋਟਕਪੁਰਾ ਵਿੱਚ ਪੁਲਿਸ ਦੇ ਲਾਠੀਚਾਰਜ ਤੇ ਗੋਲੀਬਾਰੀ ਵਿੱਚ ਕਈ ਲੋਕ ਜ਼ਖਮੀ ਹੋ ਗਏ ਸਨ। 
ਸਾਲ 2018 ਵਿੱਚ ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ ਤੋਂ ਬਾਅਦ ਕੋਟਕਪੁਰਾ ਦੀ ਘਟਨਾ ਦੇ ਸੰਦਰਭ ਵਿੱਚ ਥਾਣਾ ਸਿਟੀ ਕੋਟਕਪੁਰਾ ਵਿੱਚ 7 ਅਗਸਤ 2018 ਨੂੰ ਅਣਪਛਾਤੇ ਪੁਲਿਸ ਕਰਮੀਆਂ ’ਤੇ ਇਰਾਦਾ-ਏ-ਕਤਲ ਦਾ ਕੇਸ ਦਰਜ ਕੀਤਾ ਗਿਆ ਸੀ। 
ਐਸਆਈਟੀ ਨੇ ਜਾਂਚ ਤੋਂ ਬਾਅਦ ਆਈਜੀ ਪਰਮਰਾਜ ਸਿੰਘ ਉਮਰਾਨੰਗਲ, ਸਾਬਕਾ ਐਸਐਸਪੀ ਚਰਨਜੀਤ ਸਿੰਘ ਸ਼ਰਮਾ, ਐਸਪੀ ਪਰਮਜੀਤ ਸਿੰਘ ਪੰਨੂ, ਤਤਕਾਲੀਨ ਡੀਐਸਪੀ ਕੋਟਕਪੁਰਾ ਬਲਜੀਤ ਸਿੰਘ ਤੇ ਤਤਕਾਲੀਨ ਐਸਐਚਓ ਸਿਟੀ ਗੁਰਦੀਪ ਸਿੰਘ ਪੰਧੇਰ ਤੋਂ ਇਲਾਵਾ ਕੋਟਕਪੁਰਾ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਵਿਧਾਇਕ ਮਨਤਾਰ ਸਿੰਘ ਬਰਾੜ ਨੂੰ ਨਾਮਜ਼ਦ ਕੀਤਾ ਗਿਆ। ਇਨ੍ਹਾਂ ਸਾਰੇ ਮੁਲਜ਼ਮਾਂ ਵਿਰੁੱਧ ਐਸਆਈਟੀ ਅਦਾਲਤ ਵਿੱਚ ਚਲਾਨ ਵੀ ਪੇਸ਼ ਕਰ ਚੁੱਕੀ ਹੈ। 
ਹਾਲ ਹੀ ਵਿੱਚ ਐਸਆਈਟੀ ਨੇ ਬਹਿਬਲ ਕਲਾਂ ਗੋਲੀਕਾਂਡ ਮਾਮਲੇ ਦੇ ਮੁਲਜ਼ਮ ਇੰਸਪੈਕਟਰ ਪ੍ਰਦੀਪ ਸਿੰਘ ਨੂੰ ਵਾਅਵਾ ਮਾਫ਼ ਗਵਾਹ ਬਣਾਉਂਦੇ ਹੋਏ ਉਸ ਦਾ ਅਦਾਲਤ ਦੇ ਸਾਹਮਣੇ ਬਿਆਨ ਦਰਜ ਕਰਵਾਇਆ ਸੀ। ਇੰਸਪੈਕਟਰ ਨੇ ਆਪਣੇ ਬਿਆਨ ਵਿੱਚ ਦਾਅਵਾ ਕੀਤਾ ਸੀ ਕਿ ਗੋਲੀਕਾਂਡ ਦੀਆਂ ਘਟਨਾਵਾਂ ਲਈ ਤਤਕਾਲੀਨ ਡੀਜੀਪੀ ਸੁਮੇਧ ਸਿੰਘ ਸੈਣੀ, ਆਈਜੀ ਪਰਮਰਾਜ ਸਿੰਘ ਉਮਰਾਨੰਗਲ ਤੇ ਮੋਗਾ ਦੇ ਤਤਕਾਲੀਨ ਐਸਐਸਪੀ ਚਰਨਜੀਤ ਸਿੰਘ ਸ਼ਰਮਾ ਜ਼ਿੰਮੇਦਾਰ ਹੈ। 
ਇਨ੍ਹਾਂ ਦੋਵਾਂ ਵਿਰੋਧ ਪ੍ਰਦਰਸ਼ਨਾਂ ਨੂੰ ਸ਼ਾਂਤੀਪੂਰਵਕ ਢੰਗ ਨਾਲ ਖਤਮ ਕਰਵਾਇਆ ਜਾ ਸਕਦਾ ਸੀ, ਪਰ ਇਨ੍ਹਾਂ ਅਧਿਕਾਰੀਆਂ ਦੇ  ਅੜੀਅਲ ਰਵੱਈਏ ਕਾਰਨ ਪ੍ਰਦਰਸ਼ਨਕਾਰੀਆਂ ’ਤੇ ਨਜਾਇਜ਼ ਬਲ ਪ੍ਰਯੋਗ ਕੀਤਾ ਗਿਆ। ਇਸ ਦੇ ਆਧਾਰ ’ਤੇ ਐਸਆਈਟੀ ਨੇ ਸਾਬਕਾ ਡੀਜੀਪੀ ਨੂੰ ਦੋਵਾਂ ਘਟਨਾਵਾਂ ਵਿੱਚ ਬਤੌਰ ਮੁਲਜ਼ਮ ਨਾਮਜ਼ਦ ਕੀਤਾ ਅਤੇ ਹੁਣ ਉਨ੍ਹਾਂ ਵਿਰੁੱਧ ਚਾਰਜਸ਼ੀਟ ਵੀ ਦਾਖ਼ਲ ਕਰ ਦਿੱਤੀ। 

 

ਹੋਰ ਖਬਰਾਂ »

ਪੰਜਾਬ

ਹਮਦਰਦ ਟੀ.ਵੀ.